ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ


ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ

ਕੈਬਨਿਟ ਮੀਟਿੰਗ ’ਚ ਲਏ ਗਏ ਕਈ ਅਹਿਮ ਫੈਸਲੇ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਇਜਲਾਸ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਚੰਡੀਗੜ੍ਹ ’ਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਜਲਾਸ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਇਜਲਾਸ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।  ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਕੈਬਨਿਟ ਨੇ ਪੰਜਾਬ ਨਾਲ ਸਬੰਧਤ ਹੋਰ ਵੀ ਕਈ ਫੈਸਲੇ ਲਏ ਹਨ।