ਜਥੇਬੰਦਕ ਢਾਂਚੇ ਦੇ ਐਲਾਨ ਮਗਰੋਂ ਅਕਾਲੀ ਦਲ ’ਚ ਵਧਿਆ ਕਲੇਸ਼


ਜਗਮੀਤ ਬਰਾੜ ਨੇ ਮੰਗਿਆ ਸੁਖਬੀਰ ਬਾਦਲ ਤੋਂ ਤਿਆਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੰਘੇ ਕੱਲ੍ਹ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅੰਦਰ ਹੋਰ ਕਲੇਸ਼ ਵਧਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ। ਕੋਰ ਕਮੇਟੀ ਵਿਚ ਨਾ ਲਏ ਜਾਣ ਤੋਂ ਨਾਰਾਜ਼ ਚੱਲ ਰਹੇ ਅਕਾਲੀ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਉਨ੍ਹਾਂ ਨੂੰ ਦੁਬਾਰਾ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਜਗਮੀਤ ਸਿੰਘ ਬਰਾੜ ਵੱਲੋਂ ਬਣਾਈ ਗਈ ਸ਼ੋ੍ਰਮਣੀ ਅਕਾਲੀ ਦਲ ਯੂਨਿਟੀ ਕੋਆਰਡੀਨੇਸ਼ਨ ਕਮੇਟੀ ’ਚ 12 ਆਗੂਆਂ ਨੂੰ ਸ਼ਾਮਲ ਕੀਤਾ ਗਿਆ। ਜਿਨ੍ਹਾਂ ਵਿਚ ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਨਿਰਮਲ ਸਿੰਘ ਕਾਹਲੋਂ, ਡਾ. ਰਤਨ ਸਿੰਘ ਅਜਨਾਲਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗਗਨਜੀਤ ਸਿੰਘ, ਸੁਖਵਿੰਦਰ ਸਿੰਘ ਔਲਖ, ਅਨਿੰਦਰ ਸਿੰਘ ਪੱਖੋਕੇ, ਰਵੀਕਿਰਨ ਸਿੰਘ ਕਾਹਲੋਂ, ਅਮਰਦੀਪ ਸਿੰਘ ਮਾਂਗਟ, ਹਰਬੰਸ ਸਿੰਘ ਮੰਝਪੁਰ, ਬੇਗਮ ਪਰਵੀਨ ਨੁਸਰਤ ਅਤੇ ਨਰਿੰਦਰ ਸਿੰਘ ਕਾਲੇਕੇ ਆਦਿ ਸ਼ਾਮਲ ਹਨ। ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੋਰ ਕਮੇਟੀ ਮੈਂਬਰ ਹੋਣ ਦੇ ਨਾਤੇ ਇਹ ਕਮੇਟੀ ਸਾਰਿਆਂ ਦੀ ਸਲਾਹ ’ਤੇ ਬਣਾਈ ਹੈ।