ਨਵਜੋਤ ਸਿੰਘ ਸਿੱਧੂ ਦੇ ਸਵਾਗਤ ਲਈ ਹੋਣ ਲੱਗੀਆਂ ਤਿਆਰੀਆਂ


ਲੁਧਿਆਣਾ ’ਚ ਲੱਗੇ ਸਵਾਗਤੀ ਬੋਰਡ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵਜੋਤ ਸਿੰਘ ਸਿੱਧੂ ਦੇ ਸਵਾਗਤ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਲੁਧਿਆਣਾ ਦੀਆਂ ਸੜਕਾਂ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵਲੋਂ ਉਨ੍ਹਾਂ ਦੇ ਸਵਾਗਤ ਲਈ ਬੋਰਡ ਵੀ ਲਗਾ ਦਿੱਤੇ ਗਏ ਹਨ। ਇਨ੍ਹਾਂ ਬੋਰਡਾਂ ’ਤੇ ਲਿਖਿਆ ਗਿਆ ਹੈ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ ਨਵਜੋਤ ਸਿੰਘ ਸਿੱਧੂ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਆਉਂਦੀ 26 ਜਨਵਰੀ ਨੂੰ ਹੋ ਸਕਦੀ ਹੈ ਅਤੇ ਜਿਸ ਨੂੰ ਦੇਖਦਿਆਂ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਵੀ ਕਰ ਲਈਆਂ ਹਨ। ਦੱਸਣਯੋਗ ਹੈ ਕਿ ਇਸ ਸਾਲ ਜੇਲ੍ਹ ਵਿਭਾਗ ਨੇ ਗਣਤੰਤਰ ਦਿਵਸ ਮੌਕੇ 52 ਕੈਦੀਆਂ ਨੂੰ ਰਿਹਾਅ ਕਰਨਾ ਹੈ, ਜਿਸ ਸਬੰਧੀ ਸੂਚੀ ਵਿਭਾਗ ਨੇ ਪੰਜਾਬ ਸਰਕਾਰ ਨੂੰ ਭੇਜੀ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਰਿਹਾਅ ਹੋਣ ਵਾਲੇ ਕੈਦੀਆਂ ਦੀ ਸੂਚੀ ਵਿਚ ਨਵਜੋਤ ਸਿੰਘ ਸਿੱਧੂ ਦਾ ਨਾਮ ਵੀ ਸ਼ਾਮਲ ਹੈ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਅਜੇ ਤੱਕ ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਮੋਹਰ ਨਹੀਂ ਲਗਾਈ। ਜਿਸ ਕਾਰਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀਆਂ ਸੰਭਾਵਨਾਵਾਂ ਅਜੇ ਘੱਟ ਦਿਸ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਤਿੰਨ ਫਰਵਰੀ ਨੂੰ ਸੱਦੀ ਹੈ। ਇਹ ਮੀਟਿੰਗ ਗਣਤੰਤਰ ਦਿਵਸ ਤੋਂ ਬਾਅਦ ਹੋਣ ਕਾਰਨ ਇਹ ਸਪੱਸ਼ਟ ਹੋ ਗਿਆ ਹੈ ਕਿ ਸਰਕਾਰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੇ ਰੌਂਅ ਵਿਚ ਨਹੀਂ ਹੈ।