ਗਣਤੰਤਰ ਦਿਵਸ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ’ਤੇ ਕੇਂਦਰ ਸਰਕਾਰ ਦੀ ਹੋਣ ਲੱਗੀ ਨਿੰਦਾ


ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਕੇਂਦਰ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਕਰਤੱਵਯ ਪੱਥ ਤੋਂ ਨਿਕਲਣ ਵਾਲੀਆਂ ਝਾਕੀਆਂ ’ਚ ਪੰਜਾਬ ਦੀ ਝਾਕੀ ਸ਼ਾਮਲ ਨਹੀਂ ਹੋਵੇਗੀ। ਸਾਲ 2017 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਗਣਤੰਤਰ ਦਿਵਸ ਦੀਆਂ ਝਾਕੀਆਂ ’ਚ ਪੰਜਾਬ ਦੀ ਸ਼ਮੂਲੀਅਤ ਨਹੀਂ ਹੋਵੇਗੀ। ਇਸਦੇ ਚੱਲਦਿਆਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਗਣਤੰਤਰ ਦਿਵਸ ਪਰੇਡ ’ਚੋਂ ਸੂਬੇ ਦੀ ਝਾਕੀ ਨੂੰ ਬਾਹਰ ਕੀਤੇ ਜਾਣ ’ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਸਿਆਸੀ ਨਿਸ਼ਾਨੇ ’ਤੇ ਲਿਆ। ਵਿਰੋਧੀ ਧਿਰਾਂ ਨੇ ਵੀ ਕੇਂਦਰ ਦੇ ਇਸ ਫ਼ੈਸਲੇ ਖਿਲਾਫ ਇਕਜੁੱਟਤਾ ਦਿਖਾਈ ਹੈ। ਪੰਜਾਬ ਦੀਆਂ ਝਾਕੀਆਂ ਨੂੰ ਇਸ ਤੋਂ ਪਹਿਲਾਂ ਸਾਲ 2017 ਵਿਚ ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਨਹੀਂ ਕੀਤਾ ਗਿਆ ਸੀ। ਆਜ਼ਾਦੀ ਸੰਗਰਾਮ ਵਿਚ ਪੰਜਾਬ ਦੀ ਭੂਮਿਕਾ ਦੇ ਮੱਦੇਨਜ਼ਰ ਸੂਬੇ ਨੂੰ ਹਮੇਸ਼ਾ ਤਰਜੀਹ ਮਿਲਦੀ ਰਹੀ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ ਕਦਮ ਨੂੰ ਵਿਤਕਰੇ ਭਰਿਆ ਰਵੱਈਆ ਦੱਸਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣ ਬੁੱਝ ਕੇ ਗਣਤੰਤਰ ਦਿਵਸ ਪਰੇਡ ’ਚੋਂ ਪੰਜਾਬ ਦੀ ਝਾਕੀ ਨੂੰ ਬਾਹਰ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਲ ਕਰਾਉਣ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾਇਆ ਜਾਵੇ। ਸੀਨੀਅਰ ਕਾਂਗਰਸੀ ਆਗੂੁ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਯੋਜਨਾਬੱਧ ਤਰੀਕੇ ਨਾਲ ਪੰਜਾਬ ਨੂੰ ਨੀਵਾਂ ਦਿਖਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਆਰੋਪ ਲਗਾਇਆ ਕਿ ਪਹਿਲਾਂ ਕਾਲੇ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਨੂੰ ਅਤੇ ਫਿਰ ਅਗਨੀ ਪੱਥ ਯੋਜਨਾ ਨਾਲ ਜਵਾਨੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।