ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ


18 ਸਤੰਬਰ 2020 ਨੂੰ ਵਧਾਇਆ ਗਿਆ ਸੀ ਕਾਰਜਕਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿਚ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਕਰ ਦਿੱਤਾ ਸੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ, ਜਿਸ ਕਾਰਨ ਉਨ੍ਹਾਂ ਕੋਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹੀ ਮਨੀਸ਼ਾ ਗੁਲਾਟੀ ਪਹਿਲਾਂ ਕਾਂਗਰਸ ਪਾਰਟੀ ਵਿਚ ਸਨ ਅਤੇ ਬਾਅਦ ਵਿਚ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਮੁਨੀਸ਼ਾ ਗੁਲਾਟੀ ਅਕਸਰ ਹੀ ਮਹਿਲਾਵਾਂ ਦੇ ਹੱਕ ਵਿਚ ਆਵਾਜ਼ ਚੁੱਕਦੇ ਰਹੇ ਹਨ। ਇਸੇ ਦੌਰਾਨ ਮੁਨੀਸ਼ਾ ਗੁਲਾਟੀ ਵਿਦੇਸ਼ ਜਾ ਚੁੱਕੀਆਂ ਮਹਿਲਾਵਾਂ ਦੇ ਪਤੀਆਂ ਲਈ ਵੀ ਆਵਾਜ਼ ਚੁੱਕਦੇ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਕਾਂਗਰਸ ਦੀ ਅਗਵਾਈ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਮੁਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਦਿੱਤਾ ਗਿਆ ਸੀ।