ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ


2020 ’ਚ ਦਰਜ ਹੋਏ ਮਾਮਲੇ ਦੇ ਟ੍ਰਾਇਲ ’ਤੇ 19 ਮਈ ਤੱਕ ਹਾਈ ਕੋਰਟ ਨੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2020 ’ਚ ਦਰਜ ਹੋਏ ਇਕ ਮਾਮਲੇ ’ਚ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਇਸ ਮਾਮਲੇ ਸਬੰਧੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ’ਚ ਚੱਲ ਰਹੇ ਟ੍ਰਾਇਲ ’ਤੇ 19 ਮਈ ਤੱਕ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਦਾਇਰ ਪਟੀਸ਼ਨ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਕੋਰਟ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਿਕਰਯੋਗ ਹੈ ਕਿ ਸਾਲ 2020 ’ਚ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ’ਚ ਵਾਧਾ ਕੀਤਾ ਸੀ, ਜਿਸ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਨੇ ਉਸ ਸਮੇਂ ਦੇ ਸੰਸਦ ਮੈਂਬਰ ਭਗਵੰਤ ਮਾਨ ਅਗਵਾਈ ਹੇਠ ਹਰਪਾਲ ਚੀਮਾ, ਅਮਨ ਅਰੋੜਾ ਅਤੇ ਮੀਤ ਹੇਅਰ ਸਮੇਤ ਹੋਰਨਾਂ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਸੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਸਮੇਂ ਇਨ੍ਹਾਂ ਆਗੂਆਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ, ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਅਮਨ ਅਰੋੜਾ ਸਮੇਤ 10 ਹੋਰ ‘ਆਪ’ ਆਗੂਆਂ ਖਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ।